Sangrur News : ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਕਰਨਗੇ। ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਤੇ ਕੌਮੀ ਖੇਡ ਦਿਵਸ ਮੌਕੇ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲਾ ਇਹ ਵੱਡ-ਆਕਾਰੀ ਖੇਡ ਮੁਕਾਬਲਾ ਸ਼ੁਰੂ ਕੀਤਾ ਜਾਵੇਗਾ।
ਖੇਡ ਮੇਲੇ ਵਿੱਚ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ ਤੇ ਜੇਤੂਆਂ ਨੂੰ ਨੌਂ ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
🗓️ August 29th, on the occasion of #NationalSportsDay, CM @BhagwantMann will inaugurate season-3 of 'Khedan Watan Punjab Dian 2024' at War Heroes Stadium, Sangrur
— AAP Punjab (@AAPPunjab) August 29, 2024
Around 5 lakh players to participate across 37 sports categories
Cash prizes worth more than ₹9-CR to be given ✅ pic.twitter.com/5ZNiZe75RT
ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਦੱਸਿਆ ਕਿ ਸਮਾਰੋਹ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨ ਤੇ ਪੰਜਾਬ ਦੇ ਓਲੰਪੀਅਨ ਖਿਡਾਰੀਆਂ ਨੂੰ ਸੱਦਾ ਪੱਤਰ ਭੇਜੇ ਗਏ ਹਨ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਸ਼ਾਮ ਪੰਜ ਵਜੇ ਤੋਂ ਬਾਅਦ ਦਰਸ਼ਕਾਂ ਨੂੰ ਸਟੇਡੀਅਮ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਤੋਂ ਇਲਾਵਾ ਹੋਰ ਨਾਮਵਰ ਪੰਜਾਬੀ ਗਾਇਕ-ਕਲਾਕਾਰ ਦਰਸ਼ਕਾਂ ਦਾ ਮਨੋਰੰਜਨ ਕਰਨਗੇ।